ਸ਼ਹੀਦ ਲਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਮਹਿਤਾ ਵਿਖੇ ਪੁੱਜੀ
ਚੌਕ ਮਹਿਤਾ, 26 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ) - ਭਾਰਤੀ ਫੌਜ 15 ਸਿੱਖ ਬਟਾਲੀਅਨ ਵਿਚ ਬਤੌਰ ਹਵਾਲਦਾਰ ਨੌਕਰੀ ਕਰ ਰਹੇ ਲਖਵਿੰਦਰ ਸਿੰਘ ਦੇ ਸ਼ਹੀਦ ਹੋਣ ’ਤੇ ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਹਿਤਾ ਵਿਖ਼ੇ ਪੁੱਜੀ, ਜਿਥੇ ਫੌਜ ਦੀ ਟੁਕੜੀ ਵਲੋਂ ਸਲਾਮੀ ਦੇ ਕੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਇਸ ਸਮੇਂ ਸ਼ਹੀਦ ਦੀ ਪਤਨੀ ਵਰਿੰਦਰਜੀਤ ਕੌਰ ਨੇ ਆਪਣੇ ਪਤੀ ਦੀ ਸ਼ਹਾਦਤ ’ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸੁਪਨਾ ਹੈ ਕਿ ਉਨ੍ਹਾਂ ਦੇ ਬੱਚੇ ਵੀ ਆਪਣੇ ਪਿਤਾ ਦੇ ਨਕਸ਼ੇ ਕਦਮਾਂ ’ਤੇ ਚੱਲਦਿਆਂ ਭਾਰਤੀ ਫੌਜ ਵਿਚ ਅਫ਼ਸਰ ਬਣਨ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੀ ਉਚੇਚੇ ਤੌਰ ’ਤੇ ਇਥੇ ਪੁੱਜੇ, ਜਿਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ।