ਪੰਜਾਬ ਵਿਚ ਬਿਜਲੀ ਦਰਾਂ 'ਚ ਹਾਲ ਹੀ ਵਿਚ ਹੋਏ ਭਾਰੀ ਵਾਧੇ ਨਾਲ ਆਮ ਲੋਕਾਂ ਵਿਚ ਚਿੰਤਾ ਅਤੇ ਬੇਵਸੀ ਦੀ ਸਥਿਤੀ ਬਣ ਚੁੱਕੀ ਹੈ। ਚਿੰਤਾ ਇਸ ਲਈ ਕਿ ਬਿਜਲੀ ਦੀਆਂ ਕੀਮਤਾਂ ਦੇ ਵਾਧੇ ਨਾਲ ਸੂਬੇ ਦੇ ਆਮ ਆਦਮੀ 'ਤੇ ਜ਼ਿਆਦਾ ਬੋਝ ਪਏਗਾ, ਜਿਸ ਨਾਲ ਉਸ ਦਾ ਪੂਰਾ ਘਰੇਲੂ ਬਜਟ ...
ਮਾਹਿਰਾਂ ਦਾ ਮੰਨਣਾ ਹੈ ਕਿ ਆਰਥਿਕ ਸੰਕਟ ਦੇ ਸਿਆਸੀ ਪ੍ਰਭਾਵ ਤੁਰੰਤ ਦਿਖਾਈ ਨਹੀਂ ਦਿੰਦੇ। ਉਹ ਜਮ੍ਹਾਂ ਹੁੰਦੇ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਸਾਹਮਣੇ ਆਉਣ 'ਚ ਦੋ ਢਾਈ ਸਾਲ ਦਾ ਸਮਾਂ ਲਗਦਾ ਹੈ। ਨੋਟਬੰਦੀ ਨਾਲ ਜੋ ਨੁਕਸਾਨ ਹੋਇਆ ਸੀ, ਉਸ ਦਾ ਸਿਆਸੀ ...
ਸੜਕ ਸੁਰੱਖਿਆ ਹਫ਼ਤੇ 'ਤੇ ਵਿਸ਼ੇਸ਼
ਕੁਝ ਦਿਨ ਪਹਿਲਾਂ ਬਹੁਤ ਹੀ ਇਕ ਨਜ਼ਦੀਕੀ ਰਿਸ਼ਤੇਦਾਰ ਦੇ ਦੋ ਜਵਾਨ ਭਤੀਜਿਆਂ ਦੀ ਮੌਤ ਦਾ ਅਸਹਿ ਅਤੇ ਅਕਹਿ ਦੁੱਖ ਸਾਂਝਾ ਕਰਨ ਲਈ ਮੈਂ ਉਨ੍ਹਾਂ ਦੇ ਘਰ ਗਿਆ ਹੋਇਆ ਸਾਂ। ਤਿੰਨਾਂ ਭਰਾਵਾਂ ਦੇ ਪਰਿਵਾਰ ਵਿਚ ਕੇਵਲ ਉਹੀ ਦੋ ਨੌਜਵਾਨ ਸਨ। ...
ਮਾਲਵੇ ਦੇ ਕ੍ਰਾਂਤੀਕਾਰੀ ਲੇਖਕ ਜਗਸੀਰ ਜੀਦਾ ਦੀ ਇਹ ਬੋਲੀ 'ਬੰਦੇ ਮਾਰਨ ਲਈ ਖ਼ੋਜੀਆਂ ਮਿਜ਼ਾਈਲਾਂ ਤੇ ਨਰਮੇ ਦੀ ਸੁੰਡੀ ਨਾ ਮਰੇ।' ਅੱਜ ਵਾਰ-ਵਾਰ ਜ਼ਿਹਨ 'ਚ ਦਸਤਕ ਦੇ ਰਹੀ ਹੈ। ਭਾਵੇਂ ਬਾਈ ਜਗਸੀਰ ਦੀ ਇਹ ਰਚਨਾ ਮਾਲਵੇ ਦੇ ਨਰਮਾ ਉਤਪਾਦਕ ਜ਼ਿਮੀਂਦਾਰ ਦੀ ਪੀੜ 'ਚੋਂ ਨਿਕਲੀ ਹੋਈ ਹੈ। ਪਰ ਅੱਜ ਅੱਗ 'ਚ ਸੜ ਰਹੇ ਆਸਟ੍ਰੇਲੀਆ ਨੂੰ ਦੇਖ ਕੇ ਕੁਝ ਇਹੋ ਜਿਹੀ ਬੋਲੀ ਮੇਰੇ ਜ਼ਿਹਨ 'ਚ ਘੁੰਮ ਰਹੀ ਹੈ ਕਿ 'ਨਾਮ ਚੋਟੀ ਦਿਆਂ ਮੁਲਕਾਂ 'ਚ ਬੋਲਦਾ, ਤੇ ਘਰ ਲੱਗੀ ਅੱਗ ਨਾ ਬੁਝੇ।'
ਆਸਟ੍ਰੇਲੀਆ 'ਚ ਅੱਗਾਂ ਦਾ ਇਤਿਹਾਸ : ਭਾਵੇਂ ਆਸਟ੍ਰੇਲੀਆ 'ਚ ਜੀਵਨ ਹਜ਼ਾਰਾਂ ਸਾਲ ਪਹਿਲਾਂ ਤੋਂ ਪਾਇਆ ਜਾਂਦਾ ਹੈ ਪਰ ਅੱਜ ਦੇ ਆਸਟ੍ਰੇਲੀਆ ਦੇ ਹੋਂਦ 'ਚ ਆਉਣ ਤੋਂ ਬਾਅਦ ਜਿਹੜਾ ਰਿਕਾਰਡ ਮਿਲਦਾ ਹੈ ਉਸ ਮੁਤਾਬਿਕ 1851 ਤੋਂ ਲੈ ਕੇ ਹੁਣ ਤੱਕ ਤਕਰੀਬਨ 800 ਇਨਸਾਨ ਅਤੇ ਲੱਖਾਂ ਦੀ ਗਿਣਤੀ 'ਚ ਜਾਨਵਰ ਅੱਗਾਂ ਕਾਰਨ ਮਰ ਚੁੱਕੇ ਹਨ। ਪਿਛਲੀ ਡੇਢ ਸਦੀ ਦੌਰਾਨ ਆਏ ਇਨ੍ਹਾਂ ਭਿਆਨਕ ਦਿਨਾਂ ਦੀ ਮਾੜੀ ਯਾਦ ਆਸਟ੍ਰੇਲੀਆ ਵਸਦੇ ਲੋਕਾਂ ਦੇ ਮਨਾਂ 'ਚ ਵੱਖੋ-ਵੱਖ ਨਾਵਾਂ ਨਾਲ ਉੱਕਰੀ ਪਈ ਹੈ। 'ਕਾਲੇ ਵੀਰਵਾਰ', 'ਕਾਲੇ ਸ਼ਨੀਵਾਰ' ਜਾਂ 'ਸਵਾਹ ਰੰਗੇ ਬੁੱਧਵਾਰ' ਦੀ ਗੱਲ ਅੱਜ ਵੀ ਪ੍ਰਭਾਵਿਤ ਲੋਕਾਂ ਦੇ ਗਲੇ ਭਰ ਦਿੰਦੀ ਹੈ।
ਇਤਿਹਾਸਕਾਰ ਲਿਖਦੇ ਹਨ ਕਿ 6 ਫਰਵਰੀ, 1851 ਦਿਨ ਵੀਰਵਾਰ ਨੂੰ ਲੱਗੀ ਅੱਗ 'ਚ ਬਹੁਤ ਸਾਰੇ ਇਨਸਾਨ, ਦਸ ਲੱਖ ਤੋਂ ਉੱਤੇ ਭੇਡਾਂ ਅਤੇ ਅਣਗਿਣਤ ਹੋਰ ਜਾਨਵਰ ਅੱਗ ਦੀ ਭੇਟ ਚੜ੍ਹ ਗਏ ਸਨ, ਜਿਸ ਕਾਰਨ ਅੱਜ ਵੀ ਇਸ ਦਿਨ ਨੂੰ 'ਕਾਲੇ ਵੀਰਵਾਰ' ਦੇ ਤੌਰ 'ਤੇ ਯਾਦ ਕੀਤਾ ਜਾਂਦਾ ਹੈ।
ਆਸਟ੍ਰੇਲੀਆ ਦੇ ਇਤਿਹਾਸ 'ਚ ਹੁਣ ਤੱਕ ਦੀ ਸਭ ਤੋਂ ਭਿਆਨਕ ਅੱਗ 7 ਫਰਵਰੀ, 2009 ਨੂੰ ਲੱਗੀ ਸੀ ਜਿਸ ਦੌਰਾਨ 173 ਇਨਸਾਨ, ਅਣਗਿਣਤ ਜਾਨਵਰ ਤੇ ਪੰਛੀ ਇਸ ਦੀ ਲਪੇਟ 'ਚ ਆਏ ਸਨ। ਇਸ ਕਾਲੇ ਸ਼ਨੀਵਾਰ ਨੂੰ 400 ਦੇ ਕਰੀਬ ਵੱਖ-ਵੱਖ ਥਾਵਾਂ 'ਤੇ ਅੱਗਾਂ ਨੇ ਤਬਾਹੀ ਮਚਾਈ ਸੀ। ਜਿਸ ਵਿਚ 11 ਲੱਖ ਏਕੜ ਜ਼ਮੀਨ ਤਕਰੀਬਨ 2000 ਰਿਹਾਇਸ਼ੀ ਘਰਾਂ ਸਮੇਤ 3500 ਇਮਾਰਤਾਂ ਸੜ ਕੇ ਸੁਆਹ ਹੋ ਗਈਆਂ ਸਨ। 400 ਦੇ ਕਰੀਬ ਲੋਕ ਅੱਗ ਨਾਲ ਬੁਰੀ ਤਰ੍ਹਾਂ ਝੁਲਸ ਗਏ ਸਨ।
ਪਿਛਲੇ ਸਾਲਾਂ ਦੇ ਆਂਕੜੇ ਤਾਂ ਸਦਾ ਲਈ ਦਰਜ ਹੋ ਚੁੱਕੇ ਹਨ ਤੇ ਇਸ ਸਾਲ ਦੇ ਅੰਕੜੇ ਚਾਰ ਕੁ ਦਿਨਾਂ ਨੂੰ ਦਰਜ ਹੋ ਜਾਣਗੇ ਤੇ ਇੰਜ ਹੀ ਹਰ ਸਾਲ ਅੱਗ ਪੀੜਤਾਂ ਦੀ ਗਿਣਤੀ ਵਧਦੀ ਜਾਵੇਗੀ? ਇਹ ਸਵਾਲ ਹਰ ਇਕ ਦੇ ਮਨ 'ਚ ਹੈ ਕਿ ਕੀ ਆਸਟ੍ਰੇਲੀਆ ਜਿਹਾ ਵਿਕਸਤ ਦੇਸ਼ ਇਸ ਦਾ ਕੋਈ ਹੱਲ ਨਹੀਂ ਕੱਢ ਸਕਦਾ? ਇਨ੍ਹਾਂ ਸਵਾਲਾਂ ਦੇ ਜਵਾਬ ਲੱਭਣ ਤੋਂ ਪਹਿਲਾਂ ਇਹ ਜਾਣਨਾ ਜ਼ਰੂਰੀ ਹੈ ਕਿ ਇਹ ਅੱਗਾਂ ਲੱਗਣ ਦੇ ਕਾਰਨ ਕੀ ਹਨ?
ਕਾਰਨ ਕਈ ਹਨ। ਸੰਖੇਪ ਇਹ ਹੈ ਕਿ ਆਸਟ੍ਰੇਲੀਆ 'ਚ ਸੂਰਜ ਦੀ ਤਪਸ਼ ਗਰਮੀ 'ਚ ਬਨਸਪਤੀ ਨੂੰ ਏਨਾ ਕੁ ਸੁਕਾ ਦਿੰਦੀ ਹੈ ਕਿ ਇਹ ਸੁੱਕੀ ਹੋਈ ਬਨਸਪਤੀ ਅੱਗ ਨੂੰ ਬਹੁਤ ਹੀ ਤੇਜ਼ੀ ਨਾਲ ਫੜਦੀ ਹੈ। ਇਸ ਤੋਂ ਬਿਨਾਂ ਏਥੋਂ ਦੇ ਜੰਗਲਾਂ ਅਤੇ ਖ਼ਾਲੀ ਥਾਵਾਂ ਤੇ ਜ਼ਿਆਦਾਤਰ ਸਫ਼ੈਦੇ ਅਤੇ ਪਾਈਨ ਦੇ ਦਰਖ਼ਤ ਪਾਏ ਜਾਂਦੇ ਹਨ। ਮਾਹਿਰ ਮੰਨਦੇ ਹਨ ਕਿ ਇਨ੍ਹਾਂ ਦਰੱਖਤਾਂ 'ਚ ਤੇਲ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਇਹ ਹਰੇ ਵੀ ਸੁੱਕਿਆਂ ਵਾਂਗ ਬਲਦੇ ਹਨ। ਇਹ ਅੱਗ ਕਈ ਬਾਰ ਸੂਰਜ ਦੀ ਜ਼ਿਆਦਾ ਤਪਸ਼ ਕਾਰਨ, ਬਿਜਲੀ ਦੇ ਸਪਾਰਕ ਕਾਰਨ, ਮਸ਼ੀਨਰੀ ਕਾਰਨ ਜਾਂ ਫਿਰ ਕਿਸੇ ਇਨਸਾਨ ਦੀ ਬੇਵਕੂਫ਼ੀ ਜਾਂ ਜਾਣ ਬੁੱਝ ਕੇ ਸੁੱਟੀ ਸਿਗਰਟ ਆਦਿ ਨਾਲ ਲਗਦੀ ਹੈ। ਹਾਦਸਾ ਤਾਂ ਕਦੋਂ ਵੀ ਤੇ ਕਿਤੇ ਵੀ ਹੋ ਸਕਦਾ ਹੈ ਪਰ ਇਸ ਵਾਰ ਇਕ ਵੱਡੀ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ ਦੋ ਸੌ ਦੇ ਕਰੀਬ ਬੰਦਿਆਂ 'ਤੇ ਪੁਲਿਸ ਵਲੋਂ ਜਾਣਬੁੱਝ ਕੇ ਅੱਗ ਲਾਉਣ ਦਾ ਘਿਨੌਣਾ ਕਾਰਾ ਕਰਨ ਦਾ ਪਰਚਾ ਦਰਜ ਕੀਤਾ ਹੈ।
ਉਪਰਾਲੇ : ਆਸਟ੍ਰੇਲੀਆ ਦੀ ਵਿਸ਼ਾਲ ਭੂਗੋਲਿਕ ਰਚਨਾ ਸਰਕਾਰਾਂ ਲਈ ਇਕ ਵੱਡੀ ਚੁਣੌਤੀ ਰਹੀ ਹੈ। ਜਦੋਂ ਤੋਂ ਆਂਕੜੇ ਮਿਲਦੇ ਹਨ ਉਸ ਮੁਤਾਬਿਕ 1850 'ਚ ਵਿਕਟੋਰੀਆ ਸੂਬੇ 'ਚ ਸੀ.ਐੱਫ.ਏ. (ਕੰਟਰੀ ਫਾਇਰ ਅਥਾਰਿਟੀ), 1859 'ਚ ਨਿਊ ਸਾਊਥ ਵੇਲਜ਼ ਅਤੇ ਕੁਈਨਜ਼ਲੈਂਡ 'ਚ ਆਰ.ਐੱਫ.ਐੱਸ. (ਰੂਰਲ ਫਾਇਰ ਸਰਵਿਸਿਜ਼), 1913 'ਚ ਸਾਊਥ ਆਸਟ੍ਰੇਲੀਆ 'ਚ ਸੀ.ਐੱਫ.ਐੱਸ. (ਕੰਟਰੀ ਫਾਇਰ ਸਰਵਿਸਿਜ਼) ਆਦਿ ਸੰਸਥਾਵਾਂ ਹੋਂਦ 'ਚ ਆਈਆਂ ਸਨ ਤੇ ਜੋ ਅੱਜ ਤੱਕ ਹਰ ਸਾਲ ਇਸ ਆਫ਼ਤ ਨਾਲ ਜੂਝਦੀਆਂ ਆ ਰਹੀਆਂ ਹਨ।
ਆਪਣੇ ਸਾਲਾਨਾ ਬਜਟ 'ਚ ਅੱਗਾਂ ਦੀ ਆਫ਼ਤ ਦੇ ਫ਼ੰਡ 'ਚ ਕਟੌਤੀ ਕਰਨ ਕਰਕੇ ਅੱਜ ਦੀ ਸਰਕਾਰ ਦੀ ਕਿਰਕਰੀ ਹੋ ਰਹੀ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਆਸਟ੍ਰੇਲੀਆ ਵਿਚ ਗਰਮੀ ਦੇ ਮੌਸਮ ਵਿਚ ਕਿਤੇ ਵੀ ਅੱਗ ਲਾਉਣਾ ਗ਼ੈਰ- ਕਾਨੂੰਨੀ ਹੈ। ਥਾਂ-ਥਾਂ 'ਤੇ ਸਰਕਾਰ ਲਿਖਤੀ ਬੋਰਡ ਲਗਾ ਕੇ ਅਤੇ ਮੀਡੀਏ ਜ਼ਰੀਏ ਲੋਕਾਂ ਨੂੰ ਜਾਗ੍ਰਿਤ ਕਰਦੀ ਰਹਿੰਦੀ ਹੈ। ਇੱਥੋਂ ਤੱਕ ਕਿ ਸਿਆਲਾਂ 'ਚ ਵੀ ਜਦੋਂ ਅਸੀਂ ਆਪਣੇ ਖੇਤਾਂ ਆਦਿ ਦੇ ਝਾੜ ਫੂਸ ਨੂੰ ਅੱਗ ਲਾਉਣੀ ਹੋਵੇ ਤਾਂ ਪਹਿਲਾਂ ਨੇੜੇ ਦੇ ਅੱਗ ਬੁਝਾਊ ਮਹਿਕਮੇ ਨੂੰ ਦੱਸਣਾ ਪੈਂਦਾ ਹੈ। ਤੁਸੀਂ ਕੋਈ ਵੀ ਇਹੋ ਜਿਹੀ ਚੀਜ਼ ਨਹੀਂ ਬਾਲ ਸਕਦੇ ਜਿਸ ਨਾਲ ਜ਼ਹਿਰੀਲਾ ਧੂੰਆਂ ਬਣਦਾ ਹੋਵੇ ਮਸਲਨ ਜ਼ਹਿਰੀਲੀਆਂ ਦਵਾਈਆਂ ਲੱਗੀ ਲੱਕੜ ਜਾਂ ਪਲਾਸਟਿਕ ਆਦਿ।
ਹਾਸੋਹੀਣੀ ਗੱਲ ਇਹ ਹੈ ਕਿ ਅੱਜ ਆਸਟ੍ਰੇਲੀਆ ਅਮਰੀਕਾ ਤੋਂ ਮਦਦ ਲਈ ਆ ਰਹੇ ਅੱਗ ਬੁਝਾਉਣ ਵਾਲੇ ਹੈਲੀਕਾਪਟਰਾਂ ਦੀ ਉਡੀਕ ਕਰ ਰਿਹਾ ਹੈ।
ਉਪਰੋਕਤ ਸਵਾਲ ਜਦੋਂ ਮੈਂ ਕਿਸੇ ਸਿਆਸੀ ਬੰਦੇ ਨੂੰ ਪਾਏ ਤਾਂ ਉਨ੍ਹਾਂ ਉਹੀ ਰਾਜਨੀਤਕ ਪਾਰਟੀਆਂ ਦੇ ਆਗੂਆਂ ਦੀ ਦੂਸ਼ਣਬਾਜ਼ੀ ਦਾ ਹਵਾਲਾ ਦਿੱਤਾ ਕਿ ਲੇਬਰ ਪਾਰਟੀ ਕਹਿੰਦੀ ਲਿਬਰਲ ਮਾੜੇ, ਲਿਬਰਲ ਕਹਿੰਦੇ ਲੇਬਰ ਮਾੜੀ ਤੇ ਦੋਵੇਂ ਰਲ ਕੇ ਕਹਿੰਦੇ ਗਰੀਨ ਪਾਰਟੀ ਵਾਲੇ ਮਾੜੇ। ਪਰ ਆਮ ਜਨਤਾ ਨੂੰ ਪਤਾ ਹੀ ਹੈ ਕਿ ਤੁਹਾਡੇ 'ਚੋਂ ਦੁੱਧ ਧੋਤਾ ਕੋਈ ਵੀ ਨਹੀਂ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਜਦੋਂ ਜ਼ਮੀਨੀ ਪੱਧਰ 'ਤੇ ਆਪ ਪੀੜਤਾਂ ਨੂੰ ਮਿਲਣ ਗਏ ਤਾਂ ਅੱਗੋਂ ਪੀੜਤ ਪੈ ਗਏ, ਕਹਿੰਦੇ ਤੁਹਾਨੂੰ ਸਿਰਫ਼ ਸ਼ਹਿਰਾਂ ਵਾਲੇ ਦਿਸਦੇ ਹਨ, ਤੁਸੀਂ ਸਾਡੀ ਪਿੰਡਾਂ ਵਾਲਿਆਂ ਦੀ ਸਾਰ ਨਹੀਂ ਲੈਂਦੇ। ਜਦੋਂ ਮੈਂ ਗਰੀਨ ਵਾਲੇ ਬਾਈ ਨਵਦੀਪ ਨੂੰ ਪੁੱਛਿਆ ਤਾਂ ਉਹ ਕਹਿੰਦੇ ਅਸੀਂ ਤਾਂ ਕਦੋਂ ਦੇ ਕੁਰਲਾਉਂਦੇ ਹਾਂ ਕਿ ਇਸ ਦਾ ਪੱਕਾ ਹੱਲ ਕੱਢ ਲਵੋ ਪਰ ਸਾਡੀ ਸੁਣਦੇ ਨਹੀਂ। ਉਨ੍ਹਾਂ ਦੀ ਦਲੀਲ ਹੈ ਕਿ ਜਿੰਨੇ ਦਰਖ਼ਤ ਆਸਟ੍ਰੇਲੀਆ 'ਚ ਕੱਟੇ ਜਾਂਦੇ ਹਨ ਓਨੇ ਕਿਤੇ ਵੀ ਨਹੀਂ, ਜਿਸ ਦਾ ਨਤੀਜਾ ਤੁਸੀਂ ਦੇਖ ਲਵੋ ਮੀਂਹ ਵਾਲੇ ਜੰਗਲਾਂ (ਰੇਨ ਫਾਰੈਸਟ) 'ਚ ਕਦੇ ਅੱਗਾਂ ਲਗਦੀਆਂ ਨਹੀਂ ਸੁਣੀਆਂ ਸਨ ਪਰ ਆਸਟ੍ਰੇਲੀਆ 'ਚ ਇਹ ਵੀ ਮਚ ਰਹੇ ਹਨ।
ਬਹੁਤ ਕੁਝ ਲਿਖਿਆ ਜਾ ਸਕਦਾ ਹੈ ਇਸ ਵਿਸ਼ੇ 'ਤੇ ਪਰ ਸਮਾਪਤੀ ਤੋਂ ਪਹਿਲਾਂ ਜੇ ਇਕ ਰਾਹਤ ਅਤੇ ਮਾਣ ਕਰਨ ਵਾਲੀ ਗੱਲ ਲਿਖਾਂ ਤਾਂ ਉਹ ਇਹ ਹੈ ਕਿ ਆਸਟ੍ਰੇਲੀਆ ਦੇ ਹਰ ਛੋਟੇ ਵੱਡੇ ਇਨਸਾਨ ਵੱਲੋਂ ਕੀਤੀਆਂ ਜਾ ਰਹੀਆਂ ਨਿੱਜੀ ਕੋਸ਼ਿਸ਼ਾਂ। ਜਿੱਥੇ ਹਰ ਪਾਸੇ ਅੱਗਾਂ ਲੱਗਣ ਦੀਆਂ ਮਾੜੀਆਂ ਖ਼ਬਰਾਂ ਹਰ ਪਲ ਆ ਰਹੀਆਂ ਹਨ ਉੱਥੇ ਆਸਟ੍ਰੇਲੀਆ ਦਾ ਬੱਚਾ-ਬੱਚਾ ਰਾਹਤ ਕਾਰਜਾਂ 'ਚ ਕਿਸੇ ਨਾ ਕਿਸੇ ਰੂਪ 'ਚ ਆਪਣਾ ਯੋਗਦਾਨ ਪਾ ਰਿਹਾ ਹੈ। ਜਾਂਦੇ-ਜਾਂਦੇ ਇਕ ਆਸਟ੍ਰੇਲੀਅਨ ਹੋਣ ਦੇ ਨਾਤੇ ਉਨ੍ਹਾਂ ਦੇਸ਼ ਵਿਦੇਸ਼ ਬੈਠੀਆਂ ਸਾਰੀਆਂ ਰੂਹਾਂ ਦਾ ਧੰਨਵਾਦ ਕਰਨਾ ਆਪਣਾ ਫ਼ਰਜ਼ ਸਮਝਦਾ ਹਾਂ ਜਿਨ੍ਹਾਂ ਨੇ ਆਸਟਰੇਲੀਆ ਦੇ ਇਸ ਮੁਸ਼ਕਿਲ ਵਕਤ 'ਚ ਕਿਸੇ ਨਾ ਕਿਸੇ ਰੂਪ 'ਚ ਸਾਥ ਦੇ ਕੇ ਹਾਅ ਦਾ ਨਾਅਰਾ ਮਾਰਿਆ। ਇਸ ਦੇ ਨਾਲ ਹੀ ਆਸ ਕਰਦੇ ਹਾਂ ਕਿ ਸਰਕਾਰ ਇਸ ਮਸਲੇ ਦੇ ਸਥਾਈ ਹੱਲ ਲਈ ਆਉਣ ਵਾਲੇ ਸਮੇਂ 'ਚ ਠੋਸ ਕਦਮ ਜ਼ਰੂਰ ਚੁੱਕੇਗੀ।
-ਫੋਨ : +61 434 289 905
mintubrar'gmail.com
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX